ਪੰਜਾਬ ਸਰਕਾਰ ਹੜ੍ਹ ਕਾਰਨ ਹੋਏ ਨੁਕਸਾਨ ਦੀ ਮੁਕੰਮਲ ਭਰਪਾਈ ਕਰੇਗੀ : ਚੌਧਰੀ ਸੰਤੋਖ ਸਿੰਘ

0
124

ਬਿਲਗਾ – ਰਵੀ ਸ਼ਰਮਾ
ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ ਪੁਰੂਸਾਰਥਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਕਾਰਨ ਹੋਏ ਨੁਕਸਾਨ ਦੀ ਮੁਕੰਮਲ ਪੂਰਤੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪੂਰਨ ਮੁਆਵਜ਼ਾ ਮਿਲਣਾ ਯਕੀਨੀ ਬਣਾਇਆ ਜਾਵੇਗਾ। ਸੰਸਦ ਮੈਂਬਰ ਵਲੋਂ ਅੱਜ ਸੀਨੀਅਰ ਅਧਿਕਾਰੀਆਂ ਸਮੇਤ ਸਤਲੁਜ ਦਰਿਆ ਦੇ ਕਿਨਾਰੇ ਬਣੇ ਬੰਨ੍ਹ ਦੇ ਚਾਰ ਥਾਵਾਂ ਤੋਂ ਟੁੱਟਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹੜ੍ਹ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ 11 ਪਿੰਡਾਂ ਦਾ ਕਿਸ਼ਤੀ ਰਾਹੀਂ ਦੌਰਾ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਤੁਰੰਤ ਰਾਹਤ ਕਾਰਜਾਂ ਲਈ 100 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ ਨਾਲ ਹੀ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਈ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫਿਲੌਰ ਸਬ ਡਵੀਜ਼ਨ ਦੇ 31 ਪਿੰਡਾਂ ਨੂੰ ਹੜ੍ਹ ਦੀ ਮਾਰ ਪਈ ਹੈ ਜਿਸ ਕਾਰਨ ਲਗਭਗ 11400 ਏਕੜ ਖੇਤਰ ਵਿੱਚ ਫ਼ਸਲਾਂ ਪਾਣੀ ਹੇਠ ਡੁੱਬ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਹੋਰਨਾਂ ਦੇ ਮਾਲੀ ਨੁਕਸਾਨ ਦੀ ਮੁਕੰਮਲ ਭਰਪਾਈ ਕੀਤੀ ਜਾਵੇਗੀ ਅਤੇ ਲੋਕਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਤਲੁਜ ਦਰਿਆ ਦੇ ਕੰਢਿਆਂ ਨੂੰ ਹੋਰਨਾਂ ਥਾਵਾਂ ਤੋਂ ਟੁੱਟਣ ਤੋਂ ਬਚਾਉਣ ਲਈ ਜਿਥੇ ਸਿੰਚਾਈ ਤੇ ਡਰੇਨਜ਼ ਵਿਭਾਗ ਵਲੋਂ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦਾ ਸਹਿਯੋਗ ਵੀ ਪ੍ਰਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਅੱਜ ਰੋਪੜ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਉਥੇ ਹੀ ਉਨਾਂ ਹੜ੍ਹ ਤੋਂ ਪ੍ਰਭਾਵਿਤ ਜਿਲ੍ਹਿਆਂ ਦੀ ਡਿਪਟੀ ਕਮਿਸ਼ਨਰਾਂ ਨੂੰ ਪੀੜਤਾਂ ਦੀ ਮਦਦ ਲਈ ਹਰ ਤਰ੍ਹਾਂ ਦੀ ਸਹਾਇਤਾ, ਮਸ਼ੀਨਰੀ ਅਤੇ ਫ਼ੰਡ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਚੌਧਰੀ ਵਿਕਰਮਜੀਤ ਸਿੰਘ, ਏ.ਡੀ.ਸੀ. ਜਸਬੀਰ ਸਿੰਘ, ਐਸ.ਪੀ. ਗੁਰਮੀਤ ਸਿੰਘ, ਡੀ.ਐਸ.ਪੀ.ਸਰਬਜੀਤ ਰਾਏ ਅਤੇ ਦਵਿੰਦਰ ਅੱਤਰੀ ਆਦਿ ਹਾਜ਼ਰ ਸਨ।

LEAVE A REPLY