ਮਹਾਰਾਸ਼ਟਰ ਦੇ ਪਿੰਡ ਬਲਸਾ ਵਿਖੇ ਸਿਕਲੀਗਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਨਿੰਦਾ

0


*ਸਿਕਲੀਗਰਾਂ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ
ਅੰਮ੍ਰਿਤਸਰ (ਮੋਤਾ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਸ਼ਟਰ ਦੇ ਜ਼ਿਲ੍ਹਾ ਪਰਭਾਣੀ ਦੇ ਪਿੰਡ ਬਲਸਾ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਸਿਕਲੀਗਰ ਸਿੱਖਾਂ ਦੇ ਘਰ ਢਾਹੇ ਜਾਣ ਅਤੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਨੁਕਸਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿਕਲੀਗਰ ਸਿੱਖ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਸਿੱਖ ਸਮਾਜ ਦਾ ਅਹਿਮ ਅੰਗ ਰਹੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਸਮੇਂ-ਸਮੇਂ ਸਿਕਲੀਗਰ ਸਿੱਖਾਂ ਨੂੰ ਦਬਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਮਹਾਰਾਸ਼ਟਰ ਜ਼ਿਲ੍ਹੇ ਦੇ ਪਿੰਡ ਬਲਸਾ ‘ਚ ਸਿਕਲੀਗਰ ਸਿੱਖਾਂ ਨੂੰ ਤੰਗ ਕੀਤੇ ਜਾਣ ਦੀ ਖ਼ਬਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਵਿਚਾਰ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਮਾਮਲੇ ਦੀ ਮੁਕੰਮਲ ਜਾਣਕਾਰੀ ਲਈ ਛੱਤੀਸਗੜ੍ਹ ਸਿੱਖ ਮਿਸ਼ਨ ਦੇ ਇੰਚਾਰਜ ਦੀ ਡਿਊਟੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਕਲੀਗਰ ਸਿੱਖ ਜੋ ਪਹਿਲਾਂ ਹੀ ਮੁਸ਼ਕਲ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ, ਨੂੰ ਇਸ ਤਰ੍ਹਾਂ ਤੰਗ ਪ੍ਰੇਸ਼ਾਨ ਤੇ ਬੇਘਰ ਕਰਨਾ ਠੀਕ ਨਹੀਂ ਹੈ। ਉਨ੍ਹਾਂ ਆਖਿਆ ਕਿ ਸਿਕਲੀਗਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਮਹਾਰਾਸ਼ਟਰ ਸਰਕਾਰ ਨਾਲ ਰਾਬਤਾ ਵੀ ਬਣਾਉਣਗੇ।
ਇਸੇ ਦੌਰਾਨ ਸ. ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਵੱਖ ਵੱਖ ਥਾਵਾਂ ‘ਤੇ ਵੱਸਦੇ ਸਿਕਲੀਗਰ ਸਿੱਖਾਂ ਦੀ ਹਮੇਸ਼ਾ ਮੱਦਦ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਾਲ ਜਦੋਂ ਮੱਧ ਪ੍ਰਦੇਸ਼ ‘ਚ ਵੱਸਦੇ ਸਿਕਲੀਗਰ ਸਿੱਖਾਂ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਗਿਆ ਸੀ, ਤਾਂ ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਪੀੜਤਾਂ ਦੀ ਬਾਂਹ ਫੜ੍ਹੀ ਸੀ। ਉਨ੍ਹਾਂ ਵਿਸਥਾਰ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਸਿਕਲੀਗਰ ਸਿੱਖ ਬੱਚਿਆਂ ਦੀ ਸਕੂਲੀ ਫੀਸਾਂ ਦਿੱਤੀਆਂ ਜਾ ਰਹੀਆਂ ਹਨ। ਬੀਤੇ ਸਾਲ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਵੱਲੋਂ ਵਿਸ਼ਾਖਾਪਟਨਮ ਜਾ ਕੇ 84 ਬੱਚਿਆਂ ਦੀ ਸਾਲ ਭਰ ਦੀ ਫੀਸ ਵੱਖ-ਵੱਖ ਸਕੂਲਾਂ ਨੂੰ ਸਿਧੀ ਦਿੱਤੀ ਗਈ, ਜੋ ਲਗਪਗ 8 ਲੱਖ ਰੁਪਏ ਬਣਦੀ ਹੈ। ਇਸ ਤੋਂ ਇਲਾਵਾ ਰਾਏਪੁਰ ਛੱਤੀਸਗੜ੍ਹ ਵਿਖੇ ਵੀ 80 ਬੱਚਿਆਂ ਦੀਆਂ ਫੀਸਾਂ ਦਿੱਤੀਆਂ ਗਈਆਂ। ਸ. ਬੇਦੀ ਨੇ ਦੱਸਿਆ ਕਿ ਬੀਤੇ ਸਾਲ ਸਥਾਨਕ ਪ੍ਰਸ਼ਾਸਨ ਵੱਲੋਂ 40 ਸਿਕਲੀਗਰ ਸਿੱਖ ਜਿਨ੍ਹਾਂ ‘ਤੇ ਕੇਸ ਪਾ ਦਿੱਤੇ ਗਏ ਸਨ, ਦੀ ਆਰਥਿਕ ਸਹਾਇਤਾ ਵੀ ਕੀਤੀ ਗਈ। ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਇਸ ਤਹਿਤ ਇੰਦੌਰ ਵਿਖੇ ਉਦਯੋਗਿਕ ਸਿਖਲਾਈ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਤਕਨੀਕੀ ਵਿੱਦਿਆ ਦੇਣ ਲਈ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਵਿਚ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੱਚਿਆਂ ਦੀ ਫੀਸਾਂ ਅਤੇ ਪੜ੍ਹਾਈ ਲਈ ਇਸ ਕਰਕੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਕਿ ਇਨ੍ਹਾਂ ਸਿਕਲੀਗਰ ਸਿੱਖਾਂ ਦੀ ਅਗਲੀ ਪੀੜ੍ਹੀ ਸਵੈ-ਨਿਰਭਰ ਹੋ ਕੇ ਆਪਣੇ ਪੈਰਾਂ ‘ਤੇ ਖੜ੍ਹੀ ਹੋ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਖ਼ੁਦ ਇੰਦੌਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਜਾ ਕੇ ਆਏ ਹਨ ਅਤੇ ਉਥੋਂ ਦੇ ਆਗੂਆਂ ਸਿੱਖਾਂ ਨੂੰ ਸਿਕਲੀਗਰਾਂ ਦੀ ਮੱਦਦ ਲਈ ਵੀ ਪ੍ਰੇਰਣਾ ਕੀਤੀ ਗਈ ਹੈ। ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਸਿਲਾਈ ਸੈਂਟਰ ਖੋਲ੍ਹਣ ਦਾ ਵੀ ਉਪਰਾਲਾ ਕੀਤਾ ਗਿਆ ਹੈ। ਸ. ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਲਈ ਵੀ ਵਿਸ਼ੇਸ਼ ਮੱਦਦ ਕੀਤੀ ਜਾਂਦੀ ਰਹੀ ਹੈ ਅਤੇ ਲੋੜੀਂਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ ਸੀ। ਸਿਕਲੀਗਰ ਸਿੱਖਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰਨਾਂ ਗੁਰ-ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਵੀ ਸਮੇਂ ਸਮੇਂ ਪ੍ਰਬੰਧ ਕੀਤਾ ਜਾਂਦਾ ਹੈ, ਜਿਸ ਲਈ ਟਿਕਟਾਂ, ਰਿਹਾਇਸ਼ ਆਦਿ ਦੀਆਂ ਸੁਵਿਧਾਵਾਂ ਪਹਿਲ ਦੇ ਅਧਾਰ ‘ਤੇ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਿਕਲੀਗਰ ਸਿੱਖਾਂ ਨੂੰ ਮੱਦਦ ਦੇਣ ਵਿਚ ਸ਼੍ਰੋਮਣੀ ਕਮੇਟੀ ਹਮੇਸ਼ਾ ਆਪਣੀ ਜ਼ੁੰਮੇਵਾਰੀ ਨਿਭਾਉਂਦੀ ਰਹੀ ਹੈ ਅਤੇ ਨਿਭਾਉਂਦੀ ਰਹੇਗੀ।

About Author

Leave A Reply

whatsapp marketing mahipal