ਰਾਣਾ ਕੇ.ਪੀ. ਤੇ ਸਿੱਧੂ ਵੱਲੋਂ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਗਾਜ਼

0


ਚੰਡੀਗੜ੍ਹ (ਗੁਰਨਾਮ ਸਾਗਰ)-ਵਰਲਡ ਪੰਜਾਬੀ ਕਾਨਫਰੰਸ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ‘ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ’ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਅਤੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕੀਤਾ। ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿਖੇ ਕਰਵਾਏ ਉਦਘਾਟਨੀ ਸੈਸ਼ਨ ਵਿੱਚ ਰਾਣਾ ਕੇ.ਪੀ. ਸਿੰਘ ਤੇ ਸ. ਸਿੱਧੂ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਨਵੀਂ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ, ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਨ ਦੀ ਵਕਾਲਤ ਕੀਤੀ। ਕਾਨਫਰੰਸ ਦਾ ਆਗਾਜ਼ ਸਮਾਂ ਰੌਸ਼ਨ ਕਰ ਕੇ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਭਾਵੇਂ ਪੰਜਾਬੀ ਭਾਸ਼ਾ ਦਾ ਪਾਸਾਰ ਦੁਨੀਆਂ ਭਰ ਵਿਚ ਹੋ ਚੁੱਕਾ ਹੈ ਪਰ ਹਾਲੇ ਵੀ ਵੱਖ-ਵੱਖ ਕੋਰਸਾਂ ਦੀ ਪੜ੍ਹਾਈ, ਨੌਕਰੀਆਂ ਅਤੇ ਰੋਜ਼ਗਾਰ ਦੇ ਸਾਧਨਾਂ ਵਿਚ ਸਾਡੀ ਭਾਸ਼ਾ ਦਰ-ਕਿਨਾਰ ਹੀ ਹੈ। ਬਹੁਤ ਸਾਰੇ ਕੋਰਸ ਜਿਵੇਂ ਕਿ ਐਲ.ਐਲ.ਬੀ., ਸਾਇੰਸ ਨਾਲ ਸਬੰਧਤ ਕੋਰਸਾਂ ਅਤੇ ਆਈ.ਟੀ. ਖੇਤਰਾਂ ਦੀ ਪੜ੍ਹਾਈ ਨਿਰੋਲ ਪੰਜਾਬੀ ਭਾਸ਼ਾ ਵਿਚ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬੀ ਦੇ ਵਿਕਾਸ ਲਈ ਸਭਨਾਂ ਨੂੰ ਮਿਲ ਕੇ ਹੰਭਲੇ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਭਾਸ਼ਾ ਸਿੱਖਣੀ ਮਾੜੀ ਗੱਲ ਨਹੀਂ ਪਰ ਸਾਨੂੰ ਸਾਡੀ ਮਾਂ ਬੋਲੀ ਪੰਜਾਬੀ ‘ਤੇ ਮਾਣ ਹੋਣਾ ਚਾਹੀਦਾ ਹੈ। ਇਸ ਦੇ ਵਿਕਾਸ ਲਈ ਸਭਨਾਂ ਨੂੰ ਆਪੋ-ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਖ-ਵੱਖ ਮੰਚਾਂ ‘ਤੇ ਕੰਮ ਕਰਨ ਵਾਲੀਆਂ ਸੰਸਥਾਵਾਂ ਅਤੇ ਸਖਸ਼ੀਅਤਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੀ ਪੀੜ੍ਹੀ ਪੰਜਾਬੀ ਭਾਸ਼ਾ ਤੋਂ ਬੇਮੁੱਖ ਹੋ ਗਈ ਤਾਂ ਸਾਡੇ ਮਹਾਨ ਪੰਜਾਬੀ ਲਿਖਾਰੀਆਂ/ਸ਼ਾਇਰਾਂ ਨੂੰ ਕੌਣ ਪੜ੍ਹੇਗਾ ਤੇ ਸੁਣੇਗਾ। ਉਨ੍ਹਾਂ ਆਪਣੇ ਆਪ ਦੇ ਪੰਜਾਬੀ ਹੋਣ ਦਾ ਮਾਣ ਕਰਦਿਆਂ ਕਿਹਾ ਕਿ ਸਾਨੂੰ ਪੰਜਾਬੀ ਬੋਲਦਿਆਂ ਹੀਣ ਭਾਵਨਾ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ ਹੈ।
ਉਨ੍ਹਾਂ ਫਰਾਂਸ ਦੀ ਉਦਾਹਰਨ ਦਿੰਦਿਆਂ ਉਥੋਂ ਦੇ ਵਾਸੀਆਂ ਵੱਲੋਂ ਫਰੈਂਚ ਭਾਸ਼ਾ ਨੂੰ ਦਿੱਤੇ ਜਾਂਦੇ ਮਾਣ ਤੇ ਸਤਿਕਾਰ ਦਾ ਵੀ ਜ਼ਿਕਰ ਕੀਤਾ।  ਇਸ ਤੋਂ ਪਹਿਲਾਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਚੇਅਰਮੈਨ ਐਚ.ਐਸ. ਹੰਸਪਾਲ ਨੇ ਸਵਾਗਤੀ ਭਾਸ਼ਣ ਦਿੱਤਾ। ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਦੇ ਸਾਰੇ ਵਪਾਰਕ ਅਦਾਰਿਆਂ, ਸੜਕੀ ਬੋਰਡਾਂ ਅਤੇ ਦੁਕਾਨਾਂ ‘ਤੇ ਲੱਗਣ ਵਾਲੇ ਬੋਰਡਾਂ ਵਿਚ ਪਹਿਲੇ ਸਥਾਨ ‘ਤੇ ਪੰਜਾਬੀ ਲਿਖੀ ਜਾਣੀ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਸਾਨੂੰ ਪੰਜਾਬੀ ਬੋਲਣ ‘ਤੇ ਮਾਣ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਕਿਸੇ ਹੀਣਭਾਵਨਾ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਆਪਣੇ ਸੰਬੋਧਨ ਦੌਰਾਨ ਉਦਾਹਰਣਾਂ ਸਮੇਤ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਹੋਣੀ ਚਾਹੀਦੀ ਹੈ ਕਿ ਸਭ ਤੋਂ ਪਹਿਲਾਂ ਆਪਣੀ ਮਾਂ ਬੋਲੀ ਨੂੰ ਚੰਗੀ ਤਰ੍ਹਾਂ ਸਿੱਖੀਏ ਅਤੇ ਉਸ ਤੋਂ ਬਾਅਦ ਹੋਰਨਾਂ ਭਾਸ਼ਾਵਾਂ ਦੀ ਮੁਹਾਰਤ ਹਾਸਲ ਕਰੀਏ। ਸਟੇਜ ਸੰਚਾਲਨ ਵਿਸ਼ਵ ਪੰਜਾਬੀ ਕਾਨਫਰੰਸ ਦੇ ਸਕੱਤਰ ਜਨਰਲ ਡਾ.ਰਵੇਲ ਸਿੰਘ ਨੇ ਕੀਤਾ। ਉਦਘਾਟਨੀ ਸੈਸ਼ਨ ਦੇ ਪ੍ਰਧਾਨਗੀ ਮੰਡਲ ਵਿੱਚ ਉਕਤ ਬੁਲਾਰਿਆਂ ਦੇ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਪ ਕੁਲਪਤੀ ਪ੍ਰੋ.ਅਰੁਣ ਗਰੋਵਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ.ਬੀ.ਐਸ.ਘੁੰਮਣ ਤੇ ਪੰਜਾਬੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਸ੍ਰੀ ਸਤਨਾਮ ਮਾਣਕ ਵਿੱਚ ਸ਼ਾਮਲ ਸਨ। ਇਸ ਮੌਕੇ ਰਾਣਾ ਜੰਗ ਬਹਾਦਰ ਗੋਇਲ, ਸੁੱਖੀ ਬਾਠ, ਇਕਬਾਲ ਮਾਹਲ ਤੇ ਅੰਮ੍ਰਿਤ ਕੁਮਾਰੀ ਨੂੰ ਪੰਜਾਬੀ ਭਾਸ਼ਾ ਲਈ ਪਾਏ ਯੋਗਦਾਨ ਬਦਲੇ ਸਨਮਾਨਤ ਕੀਤਾ। ਇਸ ਮੌਕੇ ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਜਨਰਲ ਡਾ.ਲਖਵਿੰਦਰ ਸਿੰਘ ਜੌਹਲ, ਪੰਜਾਬੀ ਸਾਹਿਤ ਅਕੈਡਮੀ ਦੇ ਪ੍ਰਧਾਨ ਡਾ.ਸੁਖਦੇਵ ਸਿੰਘ ਸਿਰਸਾ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ.ਸਰਬਜੀਤ ਕੌਰ ਸੋਹਲ, ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ.ਯੋਗਰਾਜ ਅੰਗਰੀਸ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਾਮੀ ਲੇਖਕ ਅਤੇ ਸੀਨੀਅਰ ਪੱਤਰਕਾਰ ਸ਼ਾਮਲ ਸਨ ਜਿਨ੍ਹਾਂ ਵਿੱਚ ਬਲਦੇਵ ਸਿੰਘ ਸੜਕਨਾਮਾ, ਗੁਲਜ਼ਾਰ ਸੰਧੂ, ਪ੍ਰਿੰਸੀਪਲ ਸਰਵਣ ਸਿੰਘ, ਸੁਰਿੰਦਰ ਸਿੰਘ ਤੇਜ, ਸਿੱਧੂ ਦਮਦਮੀ, ਪੰਮੀ ਬਾਈ, ਸੁਖਵਿੰਦਰ ਅੰਮ੍ਰਿਤ, ਨਛੱਤਰ, ਡਾ.ਮਨਮੋਹਨ ਸਿੰਘ ਪ੍ਰਮੁੱਖ ਸਨ।

Share.

About Author

Leave A Reply