ਕਸ਼ਮੀਰ ’ਚ ਦਖਲ-ਅੰਦਾਜ਼ੀ ਨਹੀਂ : ਸੰਯੁਕਤ ਰਾਸ਼ਟਰ

0
283

ਨਿੳੂਯਾਰਕ -ਆਵਾਜ਼ ਬਿੳੂਰੋ
ਜੰਮੂ-ਕਸ਼ਮੀਰ ਵਿਖੇ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦਖਲ ਅੰਦਾਜ਼ੀ ਦੀ ਮੰਗ ਕੀਤੀ ਸੀ। ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੀ ਪ੍ਰਧਾਨ ਜੋਆਨਾ ਰੋਨੇਕਾ ਨੇ ਇਸ ਮਾਮਲੇ ਵਿੱਚ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੇਨੀਓ ਗੁਟਰੇਸ ਨੂੰ ਹੀ ਇਸ ਸਬੰਧੀ ਪੱਤਰ ਲਿਖਿਆ ਸੀ ਅਤੇ ਮੱਦਦ ਦੀ ਮੰਗ ਕੀਤੀ ਸੀ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੇਨੀਓ ਗੁਟਰੇਸ ਨੇ ਵੀ ਸ਼ਿਮਲਾ ਸਮਝੌਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਸ਼ਮੀਰ ਮਸਲੇ ’ਤੇ ਅਸੀਂ ਜਾਂ ਹੋਰ ਕੋਈ ਵੀ ਤੀਜੀ ਧਿਰ ਵਿਚੋਲਗਿਰੀ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਚਾਰਟਰ ਅਨੁਸਾਰ ਜੰਮੂ ਕਸ਼ਮੀਰ ਸਬੰਧੀ ਕੋਈ ਵੀ ਫੈਸਲਾ ਸ਼ਾਂਤੀ ਪੂਰਵਕ ਤਰੀਕੇ ਨਾਲ ਹੀ ਕੀਤਾ ਜਾਣਾ ਹੈ। ਅਮਰੀਕੀ ਪ੍ਰਸ਼ਾਸਨ ਨੇ ਵੀ ਕਿਹਾ ਹੈ ਕਿ ਕਸ਼ਮੀਰ ਨੂੰ ਲੈ ਕੇ ਸਾਡੀ ਨੀਤੀ ਵਿੱਚ ਕੋਈ ਤਬਦੀਲੀ ਨਹੀਂ ਹੋਈ ਹੈ।
ਇਸੇ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅੱਜ ਸਵੇਰੇ ਚੀਨ ਜਾ ਕੇ ਉੱਥੋਂ ਦੇ ਵਿਦੇਸ਼ ਮੰਤਰੀ ਵਾਂਗ ਯੀ ਅਤੇ ਹੋਰ ਨੇਤਾਵਾਂ ਨੂੰ ਮਿਲੇ। ਚੀਨ ਨੇ ਵੀ ਇਸ ਮਾਮਲੇ ਵਿੱਚ ਸਿੱਧਾ ਦਖਲ ਦੇਣ ਦੀ ਥਾਂ ਭਾਰਤ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਸਬੰਧੀ ਲਏ ਗਏ ਫੈਸਲਿਆਂ ਉੱਪਰ ਮੁੜ ਵਿਚਾਰ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਚੀਨ ਨੇ ਪਹਿਲਾਂ ਵੀ ਲੱਦਾਖ ਨੂੰ ਭਾਰਤੀ ਕੇਂਦਰ ਸ਼ਾਸਤ ਪ੍ਰਦੇਸ਼ ਬਣਾਏ ਜਾਣ ਦਾ ਵਿਰੋਧ ਕੀਤਾ ਸੀ। ਚੀਨ ਨੇ ਕਿਹਾ ਸੀ ਕਿ ਭਾਰਤ ਨੇ ਸਾਡੀਆਂ ਖੇਤਰੀ ਖੁਦਮੁਖਤਿਆਰੀਆਂ ਨੂੰ ਘੱਟ ਕਰਕੇ ਦੇਖਿਆ ਹੈ।