ਕੋਰੋਨਾ ’ਤੇ ਜਿੱਤ ਪ੍ਰਾਪਤ ਕਰਨ ’ਚ ਕਾਮਯਾਬ ਸਾਬਿਤ ਹੋਵੇਗਾ ‘ਮਿਸ਼ਨ ਫਤਿਹ’ : ਸਿਹਤ ਮੰਤਰੀ

0
293

ਹੁਸ਼ਿਆਰਪੁਰ ਅਜਨੋਹਾ
ਸਿਹਤ ਮੰਤਰੀ ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਵਿਡ-19 ਦੇ ਮੱਦੇਨਜ਼ਰ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ। ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ਲਈ ‘ਮਿਸ਼ਨ ਫਤਿਹ‘ ਸਫਲ ਸਾਬਤ ਹੋਵੇਗਾ ਅਤੇ ਜਲਦ ਹੀ ਪੰਜਾਬ ਇਸ ਮਹਾਂਮਾਰੀ ਤੋਂ ਨਿਜ਼ਾਤ ਪਾ ਲਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਅਤੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਸਰਕਾਰ ਵਲੋਂ ਦਵਾਈਆਂ ਅਤੇ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਗੰਭੀਰ ਹੈ, ਇਸ ਲਈ ਜ਼ਿਲਾ ਪੱਧਰ ‘ਤੇ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਡਿਪਟੀ ਕਮਿਸ਼ਨਰ ਨੂੰ ਪੂਰੇ ਜ਼ਿਲੇ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਸਰਕਾਰ ਦੀਆਂ ਹਦਾਇਤਾਂ ਨੂੰ ਗੰਭੀਰਤਾ ਨਾਲ ਲਾਗੂ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਪੀ. ਸ਼੍ਰੀ ਪਰਮਿੰਦਰ ਸਿੰਘ ਹੀਰ, ਜ਼ਿਲਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਕੈਬਨਿਟ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਡਾ. ਸਤਪਾਲ ਗੋਜਰਾ, ਡਾ. ਸੈਲੇਸ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।