ਖੰਨਾ ‘ਚ ਕਰ ਤੇ ਆਬਕਾਰੀ ਮਹਿਕਮੇ ਵੱਲੋਂ ਵੱਡੀ ਛਾਪੇਮਾਰੀ, ਪੁਲਿਸ ਅਧਿਕਾਰੀ ਵੀ ਮੌਜੂਦ

0
69

ਖੰਨਾ : ਖੰਨਾ ‘ਚ ਅੱਜ ਸਵੇਰੇ ਕਰ ਤੇ ਆਬਕਾਰੀ ਮਹਿਕਮੇ ਵੱਲੋਂ ਵੱਡੀ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਵਿਚ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਣੇ ਕਈ ਜ਼ਿਲ੍ਹਿਆਂ ਦੀਆਂ ਟੀਮਾਂ ਸ਼ਾਮਲ ਹਨ। ਇੰਨਾ ਟੀਮਾਂ ਨਾਲ ਪੁਲਿਸ ਅਧਿਕਾਰੀ ਵੀ ਹਨ।

ਜਾਣਕਾਰੀ ਮੁਤਾਬਕ ਮਹਿਕਮੇ ਦੀਆਂ 9 ਟੀਮਾਂ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਮਨਿੰਦਰ ਸ਼ਰਮਾ ਅਤੇ ਕਈ ਹੋਰ ਵਿਅਕਤੀਆਂ ਕੋਲੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਮਨਿੰਦਰ ਸ਼ਰਮਾ ਪਹਿਲਾਂ ਕਾਂਗਰਸ ਪਾਰਟੀ ‘ਚ ਸਨ ਪਰ ਟਿਕਟ ਨਾ ਮਿਲਣ ‘ਤੇ ਉਹ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ। ਇਨ੍ਹਾਂ ਦੇ ਘਰ ਅਤੇ ਦਫ਼ਤਰਾਂ ‘ਚ ਮਹਿਕਮੇ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਅਜੇ ਤੱਕ ਛਾਪੇਮਾਰੀ ਕਰਨ ਵਾਲਾ ਕੋਈ ਵੀ ਅਧਿਕਾਰੀ ਮੀਡੀਆ ਸਾਹਮਣੇ ਨਹੀਂ ਆਇਆ ਹੈ।

ਆਮ ਆਦਮੀ ਪਾਰਟੀ ਦੇ ਇੱਕ ਕੌਂਸਲ ਦੀ ਚੋਣ ਲੜਨ ਵਾਲੇ ਉਮੀਦਵਾਰ ਸਮੇਤ ਅੱਧਾ ਦਰਜਨ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਚਰਚਾ ਹੈ ਕਿ ਇਹ ਕਾਰਵਾਈ ਜਾਅਲੀ ਬਿੱਲਾਂ ਦੇ ਕਿਸੇ ਮਾਮਲੇ ਵਿਚ ਕੀਤੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀਆਂ ਤੋਂ ਪੀਡਬਲਿਊਡੀ ਰੈਸਟ ਹਾਊਸ ਵਿਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ।