ਪਾਕਿ ਦੇ ਹੋਰ ਗੁਰਧਾਮਾਂ ਦੇ ਰਸਤੇ ਖੁਲ੍ਹਵਾਉਣ ਲਈ ਮੋਦੀ ਨਾਲ ਗੱਲ ਕਰਾਂਗਾ : ਕੈਪਟਨ

0
208

ਸੁਲਤਾਨਪੁਰ ਲੋਧੀ – ਰਣਜੀਤ ਸਿੰਘ ਚੰਦੀ, ਅਰਵਿੰਦ ਪਾਠਕ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ ਕਰਨਗੇ। ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਅਤੇ ਇਸ ਮੌਕੇ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਮੁਲਕ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ। ਅੱਜ ਇੱਥੇ ਗੁਰਪੁਰਬ ਮੌਕੇ ਕਰਵਾਏ ਰਾਜ ਪੱਧਰ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ। ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ‘ਪ੍ਰਕਾਸ਼ ਪੁਰਬ ਤਗਮੇ (ਮੈਡਲ)’ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼
ਪੁਰਬ ਨੂੰ ਸਮਰਪਿਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ, 2020 ਤੱਕ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਤਿਹਾਸਕ ਮੌਕੇ ‘ਤੇ 550 ਕੈਦੀਆਂ ਦੀ ਅਗਾ?ੂਂ ਰਿਹਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਨਾਂ ਵਿੱਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ। ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਦੀ ਆਗਿਆ ਦੇਣ ਵਿੱਚ ਪੂਰਨ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਕ ਵਾਰ ਫਿਰ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਅਜਿਹੇ ਬਾਕੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਵਰਗੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਸਿੱਖ ਭਾਈਚਾਰੇ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਇਮਰਾਨ ਖਾਨ ਕੋਲ ਇਸ ਮਸਲੇ ਨੂੰ ਉਠਾਉਣ ਵਾਸਤੇ ਉਹ ਸ੍ਰੀ ਮੋਦੀ ਕੋਲ ਪਹੁੰਚ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸ੍ਰੀ ਸਾਹਿਬ, ਯਾਦਗਾਰੀ ਸਿੱਕੇ, ਸਨਮਾਨ ਚਿੰਨ, ਸ਼ਾਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ ‘ਤੇ ਆਧਾਰਿਤ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ। ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਦੇਸ਼ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਨੂੰ ਸਨਮਾਨਿਤ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੰਤ ਸਮਾਜ ਦੇ ਆਗੂਆਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ।