ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਕੇਂਦਰ ਮਨਾਏ : ਸੁਖਬੀਰ

0
269

ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਾਉਣ ਲਈ ਵੀ ਦਖ਼ਲ ਦੇਣ ਦੀ ਅਪੀਲ ਕੀਤੀ
ਨਵੀਂ ਦਿੱਲੀ – ਆਵਾਜ਼ ਬਿੳੂਰੋ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇੱਕ ਉੱਚ-ਪੱਧਰੀ ਅਕਾਲੀ ਵਫ਼ਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪਰਕਾਸ਼ ਪੁਰਬ ਦੇਸ਼ ਭਰ ਵਿਚ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਇੱਕ ਕੌਮੀ ਪੱਧਰ ਦੀ ਸਮਾਗਮੀ ਕਮੇਟੀ ਬਣਾਈ ਜਾਵੇ। ਅਕਾਲੀ ਵਫ਼ਦ, ਜਿਸ ਵਿਚ ਸੀਨੀਅਰ ਅਕਾਲੀ ਲੀਡਰਸ਼ਿਪ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਤਖ਼ਤ ਸ੍ਰੀ ਹਜ਼ਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਾਹਿਬਾਨ ਵੀ ਸ਼ਾਮਿਲ ਸਨ, ਨੇ ਗ੍ਰਹਿ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਿੱਜੀ ਤੌਰ
ਤੇ ਦਖ਼ਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਵਾਉਣ ਅਤੇ ਉਹਨਾਂ ਦੀ ਜਲਦੀ ਰਿਹਾਈ ਕਰਵਾਉਣ। ਅਕਾਲੀ ਵਫ਼ਦ ਨੇ ਕੇਂਦਰੀ ਮੰਤਰੀ ਨੂੰ 12 ਅਪ੍ਰੈਲ 2020 ਨੂੰ ਆ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 399ਵੇਂ ਪਰਕਾਸ਼ ਪੁਰਬ ਬਾਰੇ ਜਾਣੂ ਕਰਵਾਇਆ। ਅਕਾਲੀ ਵਫਦ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਯਾਦ ਵਿਚ ਦਿੱਲੀ ਵਿਖੇ ਇੱਕ ਰਾਸ਼ਟਰੀ ਏਕਤਾ ਯਾਦਗਾਰ ਬਣਾਈ ਜਾਵੇ ਅਤੇ ਇਸ ਪਵਿੱਤਰ ਦਿਹਾੜੇ ਉੱਤੇ ਰਾਸ਼ਟਰੀ ਛੁੱਟੀ ਦਾ ਐਲਾਨ ਕੀਤਾ ਜਾਵੇ। ਕੇਂਦਰੀ ਮੰਤਰੀ ਕੋਲ ਭਾਈ ਰਾਜੋਆਣਾ ਦਾ ਮਾਮਲਾ ਉਠਾਉਂਦਿਆਂ ਅਕਾਲੀ ਵਫ਼ਦ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਬਿਨਾਂ ਕਿਸੇ ਪੈਰੋਲ ਤੋਂ 24 ਸਾਲ ਦੀ ਕੈਦ ਭੁਗਤ ਚੁੱਕਿਆ ਹੈ। ਵਫ਼ਦ ਦੇ ਬਾਕੀ ਮੈਂਬਰਾਂ ਵਿਚ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਸ੍ਰੀ ਨਰੇਸ਼ ਗੁਜਰਾਲ,ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾਕਟਰ ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਮਨਜਿੰਦਰ ਸਿੰਘ ਸਿਰਸਾ, ਅਵਤਾਰ ਸਿੰਘ ਹਿੱਤ ਅਤੇ ਹਰਮੀਤ ਸਿੰਘ ਕਾਲਕਾ ਸ਼ਾਮਿਲ ਸਨ।