ਹੜ੍ਹ ਕੁਦਰਤੀ ਆਫਤ ਕਰਾਰ, 100 ਕਰੋੜ ਦਾ ਐਲਾਨ

0
298

ਰੂਪਨਗਰ/ਅਨੰਦਪੁਰ ਸਾਹਿਬ – ਰਜਿੰਦਰ ਸਿੰਘ/ਦਿਨੇਸ਼ ਨੱਡਾ, ਦਵਿੰਦਰ ਨੱਡਾ
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕੁਦਰਤੀ ਆਫ਼ਤ ਦਾ ਐਲਾਨ ਕਰ ਦਿੱਤਾ ਹੈ ਅਤੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਸ ਸਬੰਧੀ ਤੁਰੰਤ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਅਧਿਕਾਰਤ ਤੌਰ ’ਤੇ ਇਕ ਪਿੰਡ ਨੂੰ ਇਕ ਯੂਨਿਟ ਮੰਨ ਕੇ ਮੌਜੂਦਾ ਹੜ੍ਹਾਂ ਨੂੰ ਤੁਰੰਤ ਕੁਦਰਤੀ ਆਫ਼ਤ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਵੱਖ-ਵੱਖ ਕੰਪਨੀਆਂ ਤੋਂ ਬੀਮਾ ਕਲੇਮ ਕਰਨ ਵਿੱਚ ਸੁਵਿਧਾ ਹਾਸਲ ਹੋਵੇ। ਸੂਬੇ ਵਿੱਚ ਹੜ੍ਹਾਂ ਦੀਆਂ ਤਿਆਰੀਆਂ ਦਾ ਸਮੀਖਿਆ ਕਰਨ ਲਈ ਆਪਣੇ ਸਰਕਾਰੀ ਰਿਹਾਇਸ਼ ਵਿਖੇ ਸ਼ਾਮ ਨੂੰ ਸੱਦੀ ਉਚ ਪੱਧਰੀ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਤਕਰੀਬਨ 100 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ ਜੋ ਕਿ ਪਿਛਲੀਆਂ ਫਸਲਾਂ/ਵਾਢੀ ਸਬੰਧੀ ਹਨ ਤਾਂ ਜੋ ਮਾਲ ਵਿਭਾਗ ਵੱਲੋਂ ਸਬੰਧਤ ਡਿਪਟੀ ਕਮਿਸ਼ਨਰਾਂ ਰਾਹੀਂ ਇਨ੍ਹਾਂ ਦੀ ਤੇਜ਼ੀ ਨਾਲ ਵੰਡ ਕੀਤੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਅੱਜ ਸਵੇਰੇ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ, ਐਨ.ਡੀ. ਆਰ.ਐਫ., ਐਸ.ਡੀ .ਆਰ.ਐਫ. ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਨਾਲ ਸੁਚੱਜਾ ਤਾਲਮੇਲ ਬਣਾ ਕੇ ਸਥਿਤੀ ਉਤੇ ਨਜ਼ਰ ਰੱਖੀ ਜਾ ਸਕੇ ਤਾਂ ਜੋ ਨਾ ਸਿਰਫ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਸਗੋਂ ਹੜ੍ਹਾਂ ਦੀ ਰੋਕਥਾਮ ਲਈ ਇੰਤਜ਼ਾਮ ਵੀ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਇਹ ਵੀ ਦਿਸ਼ਾ ਨਿਰਦੇਸ਼ ਦਿੱਤੇ ਕਿ ਨਿਰਧਾਰਤ ਨਿਯਮਾਂ ਮੁਤਾਬਕ ਮੁਆਵਜ਼ੇ ਦੀ ਵੰਡ ਖਾਸ ਕਰ ਕੇ ਮੌਤ ਦੇ ਮਾਮਲਿਆਂ ਵਿੱਚ ਮਿ੍ਰਤਕ ਦੇ ਵਾਰਸਾਂ ਨੂੰ ਤੇਜ਼ੀ ਨਾਲ ਕੀਤੀ ਜਾਵੇ ਜਦੋਂ ਕਿ ਪਰਵਾਸੀ ਮਜ਼ਦੂਰਾਂ ਨੂੰ ਆਰਜ਼ੀ ਗੁਜ਼ਾਰਾ ਭੱਤਾ ਦਿੱਤਾ ਜਾਵੇ ਜੋ ਕਿ ਸੂਬੇ ਦੀ ਨੀਤੀ ਅਨੁਸਾਰ ਮੌਜੂਦਾ ਰਾਹਤ ਨਿਯਮਾਂ ਅਧੀਨ ਨਹੀਂ ਆਉਦੇ। ਉਨ੍ਹਾਂ ਕਿਹਾ ਕਿ ਇਹ ਰਾਹਤ ਮੁੱਖ ਮੰਤਰੀ ਦੇ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਡਰੇਨੇਜ ਵਿਭਾਗ ਨੂੰ ਫੌਜ ਦੀ ਮੱਦਦ ਨਾਲ ਪਾੜ ਪੂਰਨ ਦੇ ਤੁਰੰਤ ਨਿਰਦੇਸ਼ ਦਿੱਤੇ ਅਤੇ ਇਸ ਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਦੀ ਸੂਰਤ ਵਿੱਚ ਵਧੇਰੇ ਚੌਕਸ ਰਹਿਣ ਦੇ ਹੁਕਮ ਵੀ ਦਿੱਤੇ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਮੁੱਖ ਮੰਤਰੀ ਸਕੱਤਰੇਤ ਅਤੇ ਮੁੱਖ ਸਕੱਤਰ ਵੱਲੋਂ ਚੰਡੀਮੰਦਰ ਦੀ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਦੇ ਦਫਤਰ ਨਾਲ ਪੂਰਨ ਤਾਲਮੇਲ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਫੌਜੀ ਸਹਾਇਤਾ ਸਬੰਧੀ ਸੂਬੇ ਦੀਆਂ ਲੋੜਾਂ ਤੋਂ ਜਾਣੂੰ ਕਰਵਾਇਆ ਜਾਵੇ। ਸਬੰਧਤ ਡਿਪਟੀ ਕਮਿਸ਼ਨਰ ਆਪਣੇ ਪੱਧਰ ’ਤੇ ਹਾਲਤ ਨੂੰ ਦੇਖਦੇ ਹੋਏ ਬੇਨਤੀ ਭੇਜਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨਹਿਰੀ ਪ੍ਰਸ਼ਾਸਨ, ਸਿੰਜਾਈ/ਜਲ ਸਰੋਤ ਵਿਭਾਗ ਦੇ ਡਰੇਨੇਜ਼ ਵਿੰਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਨਹਿਰਾਂ ਵਿੱਚ ਪਾਣੀ ਛੱਡਣਾ ਯਕੀਨੀ ਬਣਾਇਆ ਜਾ
ਸਕੇ ਅਤੇ ਨਦੀਆਂ ਵਿੱਚ ਪਾਣੀਆਂ ਦਾ ਵਹਾਅ ਸੰਤੁਲਨ ਵਿੱਚ ਰਹੇ। ਰਾਵੀ ਦਰਿਆ ਉਤੇ ਰਣਜੀਤ ਸਾਗਰ ਡੈਮ ਦੇ ਸਬੰਧ ਵਿੱਚ, ਜਿਸ ਦਾ ਪ੍ਰਬੰਧ ਅਤੇ ਚਲਾਉਣ ਸਬੰਧੀ ਅਧਿਕਾਰ ਸੂਬੇ ਦੇ ਜਲ ਸਰੋਤ/ਸਿੰਜਾਈ ਵਿਭਾਗ ਅਤੇ ਪਾਵਰਕੌਮ ਕੋਲ ਹਨ, ਸਥਿਤੀ ਨੂੰ ਨੇੜਿਓ ਵਾਚਿਆ ਜਾਵੇ ਤਾਂ ਜੋ ਪਾਣੀ ਛੱਡਣ ਸਬੰਧੀ ਢੁੱਕਵੇਂ ਪ੍ਰਬੰਧ ਚੁੱਕੇ ਜਾ ਸਕਣ ਅਤੇ ਇਸ ਤੋਂ ਇਲਾਵਾ ਫਲੱਡ ਗੇਟ ਖੋਲ੍ਹਣ ਤੋਂ ਪਹਿਲਾਂ ਅਗਾੳੂਂ ਸੂਚਨਾ ਦਿੱਤੀ ਜਾ ਸਕੇ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ’ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ ਐਲਾਨ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੀਤੇ ਜਿੱਥੇ ਉਨ੍ਹਾਂ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜ੍ਹਾਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿੱਚ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨੇਜ਼ ਦੇ ਚੀਫ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ। ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿੱਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿੱਚ ਖਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ ’ਤੇ ਵਹਿ ਰਿਹਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਡੀਗੜ੍ਹ ਤੋਂ ਰੂਪਨਗਰ ਤੱਕ ਸੜਕ ਰਸਤੇ ਗਏ ਅਤੇ ਉਨ੍ਹਾਂ ਨੇ ਸਥਿਤੀ ਨੂੰ ਗੰਭੀਰ ਦੱਸਦਿਆਂ ਅਤੇ ਸਥਾਨਕ ਵਾਸੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾੳਣ ਦਾ ਭਰੋਸਾ ਦਿੱਤਾ। ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਭਾਖੜਾ ਡੈਮ ਦੇ ਨਾਲ ਲੱਗਦੇ ਇਲਾਕੇ ਤੋਂ ਪਾਣੀ ਦੇ ਤੇਜ਼ ਵਹਾਅ ਨਾਲ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਜਾਇਦਾਦਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ। ਆਈ.ਆਈ.ਟੀ. ਰੂਪਨਗਰ ਦੇ ਵਿਦਿਆਰਥੀਆਂ ਜਿਨ੍ਹਾਂ ਨੂੰ ਭਾਰੀ ਹੜ੍ਹਾਂ ਕਾਰਨ ਉਥੋਂ ਹਟਾਉਣਾ ਪਿਆ, ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਉਨ੍ਹਾਂ ਦੇ ਮੁੜ ਕੈਂਪਸ ਜਾਣ ਤੱਕ ਇਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਪੰਜਾਬ ਭਵਨ ਅਤੇ ਕਿਸਾਨ ਭਵਨ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਆਈ.ਆਈ.ਟੀ. ਦੀ ਡਾਇਰੈਕਟਰ ਦੀ ਬੇਨਤੀ ਨੂੰ ਸਵਿਕਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਸਾਂਝੇ ਤੌਰ ’ਤੇ ਇਕ ਯੋਜਨਾ ਬਣਾਉਣ ਲਈ ਆਖਿਆ ਤਾਂ ਕਿ ਭਵਿੱਖ ਵਿੱਚ ਹੜ੍ਹਾਂ ਨਾਲ ਇਸ ਕੈਂਪਸ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਨੂੰ ਟਾਲਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਡਰੇਨੇਜ਼ ਸਿਸਟਮ ਯਕੀਨੀ ਬਣਾਇਆ ਜਾ ਸਕੇ। ਰੂਪਨਗਰ ਹੈੱਡਵਰਕਸ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਸ਼ਾਮਪੁਰਾ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਉੱਥੇ ਝੁੱਗੀ-ਝੋਂਪੜੀ ਵਾਲਿਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਆਖਿਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਸਥਿਤੀ ਆਮ ਵਾਂਗ ਹੋਣ ਤੱਕ ਹਾਲਾਤ ਉੱਪਰ ਨਜ਼ਰ ਰੱਖਣ ਲਈ ਵੀ ਕਿਹਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸਿਹਤ ਜਾਂਚ ਕੈਂਪ ਵੀ ਲਾਵੇਗਾ ਤਾਂ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਹਮਲੇ ਨੂੰ ਰੋਕਿਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਲੋੜਵੰਦਾਂ ਨੂੰ ਪਸ਼ੂਆਂ ਲਈ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਤੋਂ ਇਲਾਵਾ ਉਨ੍ਹਾਂ ਵਾਸਤੇ ਚਾਰੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਖੈਰਾਬਾਦ ਪਿੰਡ ਵਿਖੇ ਹੜ੍ਹਗ੍ਰਸਤ ਸੜਕ ਰਾਹੀਂ ਜਾ ਕੇ ਮੁੱਖ ਮੰਤਰੀ ਲੋਕਾਂ ਨਾਲ ਘੁਲਮਿਲ ਗਏ ਅਤੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਨੂੰ ਧੀਰਜ ਨਾਲ ਸੁਣਿਆ ਅਤੇ ਇਸ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਦੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਦੱਸਿਆ ਕਿ ਮੋਹਲੇਧਾਰ ਮੀਂਹ ਕਾਰਨ ਬੀਤੇ ਦਿਨ ਰੋਪੜ ਹੈੱਡ ਵਰਕਸ ਤੋਂ 2,50,000 ਕਿੳੂਸਿਕ ਪਾਣੀ ਛੱਡਿਆ ਗਿਆ ਅਤੇ ਇਸ ਤੋਂ ਇਲਾਵਾ ਨਦੀਆਂ-ਨਾਲਿਆਂ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧ ਗਿਆ ਸੀ। ਸਵਾਨ ਨਦੀ (90,000 ਕਿੳੂਸਿਕ), ਸਿਰਸਾ ਨਦੀ (60,000 ਕਿੳੂਸਿਕ) ਬੁੱਧਕੀ ਨਦੀ (20,000 ਕਿਊਸਿਕ) ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲੀਸ, ਕੌਮੀ ਆਫ਼ਤ ਰਾਹਤ ਫੋਰਸ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ 45 ਪਿੰਡਾਂ ’ਚੋਂ 600 ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਬਚਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਾਲਾਤ ਵਿੱਚ ਜਾਨੀ ਨੁਕਸਾਨ ਦੀ ਭਾਵੇਂ ਕੋਈ ਰਿਪੋਰਟ ਨਹੀਂ ਪਰ ਫਸਲਾਂ ਅਤੇ ਪਸ਼ੂ ਧਨ ਦਾ ਬਹੁਤ ਨੁਕਸਾਨ ਹੋਇਆ ਜਿਸ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨਾਲ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਤਕਨੀਕੀ ਸਿੱਖਿਆ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ, ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਿਪਾਲ ਸਿੰਘ, ਰੂਪਨਗਰ ਦੇ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਅਤੇ ਰੂਪਨਗਰ ਦੇ ਜ਼ਿਲ੍ਹਾ ਪੁਲੀਸ ਮੁਖੀ ਸਵੱਪਨ ਸ਼ਰਮਾ ਹਾਜ਼ਰ ਸਨ।