ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਹਰ ਇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ – ਸੋਨੀ

0
412

ਅੰਮ੍ਰਿਤਸਰ : ਹਰਪਾਲ ਸਿੰਘ
ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਹਰ ਇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ ਹੈ ਤਾਂ ਜੋ ਪੰਜਾਬ ਦੀ ਆਬੋ ਹਵਾ ਨੂੰ ਸ਼ੁੱਧ ਰੱਖ ਸਕੀਏ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਇਨਾਂ ਸਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਖੇਤੀਬਾੜੀ ਭਵਨ ਵਿਖੇ ਜ਼ਿਲਾ ਪ੍ਰਸ਼ਾਸਨ ਵਲੋਂ ਤਿਆਰ ਕੀਤੇ ਗਏ ਲੋਗੋ ”ਸਾਡਾ ਪਿੰਡ ਸਾਡੀ ਜਿੰਮੇਵਾਰੀ ਕੋਈ ਅੱਗ ਨਾ ਧੂੰਆਂ ਇਸ ਵਾਰੀ” ਜਾਰੀ ਕਰਨ ਉਪਰੰਤ ਕੀਤਾ। ਸ੍ਰੀ ਸੋਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਾਰਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਆਪਣੀ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਖੇਤ ਦੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ। ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਕਾਫ਼ੀ ਕਮੀ ਆਉਂਦੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਉਸ ਨੂੰ ਵੇਚ ਕੇ ਵੱਧ ਮੁਨਾਫਾ ਵੀ ਕਮਾ ਸਕਦਾ ਹੈ। ਉਨਾਂ ਕਿਹਾ ਕਿ ਜਿਥੇ ਅਸੀਂ ਪਰਾਲੀ ਨੂੰ ਅੱਗ ਲਗਾਉਂਦੇ ਹਾਂ ਉਥੇ ਆਪਣਾ ਵਾਤਾਵਰਨ ਵੀ ਖ਼ਰਾਬ ਕਰਦੇ ਹਾਂ। ਉਨਾਂ ਕਿਹਾ ਕਿ ਆਉਣ ਵਾਲੇ ਪੀੜੀਆਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਉਣਾ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ, ਮੁੱਖ ਖੇਤੀਬਾੜੀ ਅਫ਼ਸਰ ਸ: ਕੁਲਜੀਤ ਸਿੰਘ,ਡਿਪਟੀ ਡਾਇਰੈਕਟਰ ਪੰਚਾਇਤ ਤੇ ਵਿਕਾਸ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।