ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਹਰ ਹਾਲ ਕਰੇਗੀ-ਧਰਮਸੋਤ

0
324

ਨਾਭਾ : ਸਾਹਿਲ ਮਦਾਨ
ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਹਰ ਹਾਲ ਕਰੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ 3 ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਲੜੀ ਜਾ ਰਹੀ ਲੜਾਈ ਨੂੰ ਮੁਕਾਮ ‘ਤੇ ਪਹੁੰਚਾਇਆ ਜਾਵੇਗਾ।
ਅੱਜ ਨਾਭਾ ਦੇ ਪਿੰਡ ਅੱਚਲ ਵਿਖੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਪਟਿਆਲਾ ਜ਼ਿਲ੍ਹੇ ‘ਚ ਸ਼ੁਰੂਆਤ ਕਰਵਾਉਣ ਮੌਕੇ ਸ. ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਨੂੰ ਇੱਕ ਵਿਸ਼ੇਸ਼ ਤੋਹਫ਼ਾ ਦਿੱਤਾ ਹੈ, ਜਿਸ ਕਰਕੇ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 9 ਬਲਾਕਾਂ ਦੇ 117 ਪਿੰਡਾਂ ‘ਚ 121 ਕਰੋੜ ਰੁਪਏ ਦੀ ਲਾਗਤ ਨਾਲ 2959 ਕੰਮ ਕਰਵਾਏ ਜਾਣਗੇ। ਜਦੋਂਕਿ ਇਕੱਲੇ ਨਾਭਾ ਬਲਾਕ ‘ਚ ਹੀ 20.12 ਕਰੋੜ ਰੁਪਏ ਦੀ ਲਾਗਤ ਨਾਲ 405 ਕੰਮ ਕਰਵਾਏ ਜਾਣਗੇ।
ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਐਮ.ਪੀ. ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੈਬ ਕਾਨਫਰੰਸ ਰਾਹੀਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਆਨਲਾਈਨ ਸ਼ੁਰੂ ਕਰਨ ਮੌਕੇ ਪਟਿਆਲਾ ਜ਼ਿਲ੍ਹੇ ਦੇ 117 ਪਿੰਡਾਂ ਨੂੰ ਸਮਾਰਟ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਾਭਾ ਬਲਾਕ ਦੇ ਪਿੰਡ ਅੱਚਲ ਵਿਖੇ ਕਰਵਾਈ। ਉਨ੍ਹਾਂ ਨੇ ਪਿੰਡ ਦੇ ਸਰਕਾਰੀ ਮਿਡਲ ਸਮਾਰਟ ਸਕੂਲ ਵਿਖੇ ਨਵੇਂ ਉਸਾਰੇ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ 3 ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਦੌਰਾਨ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਗੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮਾਰਨ ਲੱਗੀ ਹੋਈ ਹੈ ਪਰੰਤੂ ਕਾਂਗਰਸ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਡੱਟਕੇ ਲੜੇਗੀ।