ਪੰਜਾਬ ਵਿੱਚ 11231 ਵਿਅਕਤੀਆਂ ਨੂੰ ਮਿਲੇਗਾ 4000 ਏਕੜ ਜ਼ਮੀਨ ਦਾ ਮਾਲਕਾਨਾ ਹੱਕ- ਸਰਕਾਰੀਆ 

0
308
ਚੰਡੀਗੜ੍ਹ : ਪੰਜਾਬ ਵਿਚ ਕੁਝ ਖਾਸ ਸ਼੍ਰੇਣੀਆਂ ਦੇ 11231 ਵਿਅਕਤੀਆਂ, ਜਿਨ੍ਹਾਂ ਕੋਲ ਇਸ ਵੇਲੇ 4000 ਏਕੜ ਦੇ ਕਰੀਬ ਨਿੱਜੀ ਜ਼ਮੀਨਾਂ ਦਾ ਕਬਜ਼ਾ ਹੈ, ਨੂੰ ਸਰਕਾਰ ਦੁਆਰਾ ਜਲਦ ਹੀ ਨੋਟੀਫਾਈ ਕੀਤੇ ਜਾਣ ਵਾਲੇ ਗਰੇਡਸ ਅਨੁਸਾਰ ਬਣਦੇ ਮੁਆਵਜ਼ੇ ਦੀ ਅਦਾਇਗੀ ਤੋਂ ਬਾਅਦ ਮਾਲਕੀ ਅਧਿਕਾਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨਾਂ ਦੇ ਕਬਜ਼ੇ ਵਾਲੀਆਂ ਕੁਝ ਖਾਸ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਮਾਲਕਾਨਾ ਹੱਕ ਦੇਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੀਤੇ ਕੱਲ੍ਹ ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਨੂੰ ਮਾਲ ਰਿਕਾਰਡ ਵਿਚ ਦਰਜ ਵਿਅਕਤੀਆਂ ਦੀਆਂ ‘ਵਿਸ਼ੇਸ਼ ਸ੍ਰੇਣੀਆਂ’ ਵੱਜੋਂ ਮਾਨਤਾ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਇਹ ਕਦਮ ਅਜਿਹੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਖੇਤੀਬਾੜੀ ਸੁਧਾਰਾਂ ਦਾ ਹਿੱਸਾ ਹੈ ਜੋ ਜ਼ਿਆਦਾਤਰ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ।